1 ਕੁਰਿੰਥੀਆਂ ਨੂੰ 3

1ਭਰਾਵੋ ਅਤੇ ਭੈਣੋ ਪਹਿਲਾਂ ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲਾਂ ਨਹੀਂ ਸੀ ਕਰ ਸੱਕਦਾ ਜਿਵੇਂ ਮੈਂ ਆਤਮਕ ਲੋਕਾਂ ਨਾਲ ਗੱਲਾਂ ਕਰਦਾ ਹਾਂ। ਮੈਨੂੰ ਤੁਹਾਡੇ ਨਾਲ ਇਵੇਂ ਗੱਲ ਕਰਨੀ ਪੈਂਦੀ ਸੀ ਜਿਵੇਂ ਮੈਂ ਦੁਨਿਆਵੀ ਲੋਕਾਂ ਨਾਲ ਗੱਲ ਕਰ ਰਿਹਾ ਹੋਵਾਂ – ਜਿਵੇਂ ਕਿ ਮਸੀਹ ਦੇ ਰਾਹ ਉੱਤੇ ਤੁਸੀਂ ਨਿਆਣੇ ਹੋਵੋ। 2ਜਿਹੜੀ ਸਿੱਖਿਆ ਮੈਂ ਤੁਹਾਨੂੰ ਦਿੱਤੀ ਉਹ ਦੁੱਧ ਵਰਗੀ ਸੀ, ਠੋਸ ਆਹਾਰ ਵਰਗੀ ਨਹੀਂ। ਮੈਂ ਇਉਂ ਉਸ ਲਈ ਕੀਤਾ ਕਿਉਂ ਜੋ ਹਾਲੇ ਤੁਸੀਂ ਠੋਸ ਭੋਜਨ ਖਾਣ ਲਈ ਤਿਆਰ ਨਹੀਂ ਸੀ ਅਤੇ ਅਜੇ ਵੀ ਤੁਸੀਂ ਤਿਆਰ ਨਹੀਂ ਹੋ। 3ਤੁਸੀਂ ਹਾਲੇ ਵੀ ਆਤਮਕ ਲੋਕ ਨਹੀਂ ਹੋ। ਤੁਹਾਡੇ ਅੰਦਰ ਈਰਖਾ ਅਤੇ ਝਗੜ੍ਹੇ ਹਨ। ਇਹ ਦਰਸ਼ਾਉਂਦਾ ਹੈ ਕਿ ਤੁਸੀਂ ਆਤਮਕ ਲੋਕ ਨਹੀਂ ਹੋ। ਤੁਸੀਂ ਦੁਨਿਆਵੀ ਲੋਕਾਂ ਵਰਗਾ ਹੀ ਵਿਹਾਰ ਕਰਦੇ ਹੋ। 4ਤੁਹਾਡੇ ਵਿੱਚੋਂ ਇੱਕ ਆਖਦਾ, “ਮੈਂ ਪੌਲੁਸ ਦਾ ਚੇਲਾ ਹਾਂ” ਦੂਜਾ ਆਖਦਾ, “ਮੈਂ ਅਪੁੱਲੋਸ ਦਾ ਚੇਲਾ ਹਾਂ” ਜਦੋਂ ਤੁਸੀਂ ਇਹੋ ਜਿਹੀਆਂ ਗੱਲਾਂ ਕਰਦੇ ਹੋ ਤਾਂ ਤੁਸੀਂ ਦੁਨਿਆਵੀ ਲੋਕਾਂ ਵਰਗਾ ਵਿਹਾਰ ਕਰਦੇ ਹੋ। 5ਕੀ ਅਪੁੱਲੋਸ ਮਹੱਤਵਪੂਰਣ ਹੈ? ਨਹੀਂ। ਕੀ ਪੌਲੁਸ ਮਹੱਤਵਪੂਰਣ ਹੈ? ਨਹੀਂ। ਅਸੀਂ ਸਿਰਫ਼ ਪਰਮੇਸ਼ੁਰ ਦੇ ਸੇਵਕ ਹਾਂ ਜਿਨ੍ਹਾਂ ਨੇ ਵਿਸ਼ਵਾਸ ਕਰਨ ਵਿੱਚ ਤੁਹਾਡੀ ਸਹਾਇਤਾ ਕੀਤੀ ਹੈ। ਸਾਡੇ ਵਿੱਚੋਂ ਹਰੇਕ ਨੇ ਓਹੀ ਕਾਰਜ਼ ਕੀਤਾ ਹੈ ਜੋ ਵੀ ਕੋਈ ਕੰਮ ਪਰਮੇਸ਼ੁਰ ਨੇ ਸਾਨੂੰ ਸੌਂਪਿਆ ਸੀ। 6ਮੈਂ ਬੀਜ਼ ਬੀਜਿਆ ਸੀ ਅਤੇ ਅਪੁੱਲੋਸ ਨੇ ਇਸ ਨੂੰ ਪਾਣੀ ਨਾਲ ਸਿੰਜਿਆ। ਪਰ ਇਹ ਤਾਂ ਪਰਮੇਸ਼ੁਰ ਹੀ ਸੀ ਜਿਸਨੇ ਬੀਜ਼ ਨੂੰ ਉਗਾਇਆ। 7ਇਸ ਲਈ ਨਾ ਹੀ ਜਿਹੜਾ ਬੰਦਾ ਬੀਜਦਾ ਹੈ ਅਤੇ ਨਾ ਹੀ ਜਿਹੜਾ ਇਸ ਨੂੰ ਸਿੰਜਦਾ ਹੈ, ਮਹੱਤਵਪੂਰਣ ਹੈ। ਸਿਰਫ਼ ਪਰਮੇਸ਼ੁਰ ਹੀ ਮਹੱਤਵਪੂਰਣ ਹੈ ਕਿਉਂਕਿ ਉਹੀ ਬੀਜ ਨੂੰ ਉਗਾਉਂਦਾ ਹੈ। 8ਜਿਹੜਾ ਵਿਅਕਤੀ ਬੀਜ ਬੀਜਦਾ ਹੈ ਅਤੇ ਜਿਹੜਾ ਇਸ ਨੂੰ ਸਿੰਜਦਾ ਹੈ, ਦੋਹਾਂ ਦਾ ਇੱਕ ਮਕਸਦ ਹੈ। ਅਤੇ ਹਰੇਕ ਉਸ ਦੇ ਅਨੁਸਾਰ ਫ਼ਲ ਪ੍ਰਾਪਤ ਕਰੇਗਾ। 9ਅਸੀਂ ਰੱਬ ਦੇ ਸਾਂਝੇ ਕਾਮੇ ਹਾਂ। ਅਤੇ ਤੁਸੀਂ ਉਸ ਖੇਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਅਤੇ ਤੁਸੀਂ ਉਸ ਘਰ ਵਰਗੇ ਹੋ ਜਿਸਦਾ ਮਾਲਿਕ ਪਰਮੇਸ਼ੁਰ ਹੈ। 10ਮਾਹਰ ਨਿਰਮਾਤਾ ਵਾਂਗ ਮੈਂ ਉਸ ਘਰ ਦੀ ਬੁਨਿਆਦ ਰੱਖੀ ਹੈ। ਇਸ ਲਈ ਮੈਂ ਉਸ ਦਾਤ ਦੀ ਵਰਤੋਂ ਕੀਤੀ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਇਸ ਮੰਤਵ ਲਈ ਦਿੱਤੀ ਸੀ। ਹੋਰ ਲੋਕ ਇਸ ਬੁਨਿਆਦ ਉੱਤੇ ਉਸਾਰੀ ਕਰ ਰਹੇ ਹਨ। ਪਰ ਵਿਅਕਤੀ ਨੂੰ ਉਸਾਰੀ ਕਰਨ ਵਿੱਚ ਸਾਵੱਧਾਨੀ ਵਰਤਨੀ ਚਾਹੀਦੀ ਹੈ। 11ਬੁਨਿਆਦ ਪਹਿਲਾਂ ਹੀ ਰੱਖੀ ਜਾ ਚੁੱਕੀ ਹੈ। ਕੋਈ ਵੀ ਵਿਅਕਤੀ ਹੋਰ ਬੁਨਿਆਦ ਨਹੀਂ ਰੱਖ ਸੱਕਦਾ। ਜਿਹੜੀ ਬੁਨਿਆਦ ਰੱਖੀ ਜਾ ਚੁੱਕੀ ਹੈ ਉਹ ਯਿਸੂ ਮਸੀਹ ਹੈ। 12ਕੋਈ ਵੀ ਵਿਅਕਤੀ ਉਸ ਬੁਨਿਆਦ ਉੱਪਰ ਸੋਨੇ, ਚਾਂਦੀ, ਹੀਰੇ ਲੱਕੜੀ, ਘਾਹਫ਼ੂਸ ਜਾਂ ਤਿਨਕੇ ਲਾਕੇ ਉਸਾਰੀ ਕਰ ਸੱਕਦਾ ਹੈ। 13ਪਰ ਹਰ ਇੱਕ ਵਿਅਕਤੀ ਦਾ ਕੰਮ ਸਪੱਸ਼ਟ ਵੇਖਿਆ ਜਾਵੇਗਾ। ਕਿਉਂਕਿ ਨਿਆਂ ਦਾ ਦਿਨ ਇਸ ਨੂੰ ਬਹੁਤ ਸਪੱਸ਼ਟ ਕਰ ਦੇਵੇਗਾ। ਉਹ ਦਿਨ ਅਗਨੀ ਨਾਲ ਆਵੇਗਾ ਅਤੇ ਅਗਨੀ ਹਰ ਵਿਅਕਤੀ ਦੇ ਕੰਮ ਦੀ ਪਰੱਖ ਕਰੇਗੀ। 14ਜੇ ਕਿਸੇ ਵਿਅਕਤੀ ਵੱਲੋਂ ਬੁਨਿਆਦ ਉੱਤੇ ਉਸਾਰੀ ਗਈ ਇਮਾਰਤ ਖਲੋਤੀ ਰਹਿੰਦੀ ਹੈ ਤਾਂ ਉਹ ਵਿਅਕਤੀ ਆਪਣਾ ਇਨਾਮ ਹਾਸਿਲ ਕਰੇਗਾ। 15ਜੇ ਕਿਸੇ ਵਿਅਕਤੀ ਦੀ ਇਮਾਰਤ ਜਲਕੇ ਰਾਖ ਹੋ ਜਾਂਦੀ ਹੈ, ਤਾਂ ਉਸ ਨੂੰ ਨੁਕਸਾਨ ਭੁਗਤਨਾ ਪਵੇਗਾ। ਉਹ ਵਿਅਕਤੀ ਬਚਾਇਆ ਜਾਵੇਗਾ ਪਰ ਉਹ ਉਸ ਇੱਕ ਵਰਗਾ ਹੋਵੇਗਾ ਜੋ ਕਿ ਅੱਗ ਤੋਂ ਬਚਾਇਆ ਗਿਆ ਹੋਵੇ। 16ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਸੀਂ ਖੁਦ ਪਰਮੇਸ਼ੁਰ ਦਾ ਮੰਦਰ ਹੋ। ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵਸਦਾ ਹੈ। 17ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ। 18ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸ ਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸੱਕਦਾ ਹੈ। 19ਕਿਉਂ? ਕਿਉਂਕਿ ਇਸ ਦੁਨੀਆਂ ਦੀ ਸਿਆਣਪ ਪਰਮੇਸ਼ੁਰ ਲਈ ਮੂਰੱਖਤਾ ਹੈ। ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ, “ਉਹ ਸਿਆਣੇ ਲੋਕਾਂ ਨੂੰ ਉਨ੍ਹਾਂ ਦੇ ਚੁਸਤ ਚਲਾਕੀਆਂ ਵਾਲੇ ਅਮਲਾਂ ਤੋਂ ਫ਼ੜਦਾ ਹੈ।” 20ਪੋਥੀਆਂ ਵਿੱਚ, ਇਹ ਵੀ ਲਿਖਿਆ ਹੈ, “ਪਰਮੇਸ਼ੁਰ ਨੂੰ ਸਿਆਣੇ ਲੋਕਾਂ ਦੀਆਂ ਸੋਚਾਂ ਦਾ ਪਤਾ ਹੈ। ਉਹ ਜਾਣਦਾ ਹੈ ਕਿ ਉਨ੍ਹਾਂ ਦੇ ਵਿੱਚਾਰ ਨਿਕਾਰਥਕ ਹਨ।” 21ਇਸ ਲਈ ਤੁਹਾਨੂੰ ਮਨੁੱਖਾਂ ਬਾਰੇ ਘਮੰਡ ਨਹੀਂ ਕਰਨਾ ਚਾਹੀਦਾ। ਸਾਰੀਆਂ ਚੀਜ਼ਾਂ ਤੁਹਾਡੀਆਂ ਹਨ। 22ਪੌਲੁਸ, ਅਪੁੱਲੋਸ ਅਤੇ ਪਤਰਸ, ਦੁਨੀਆਂ, ਜੀਵਨ, ਮੌਤ, ਵਰਤਮਾਨ ਅਤੇ ਭਵਿੱਖ ਇਹ ਸਾਰੀਆਂ ਚੀਜ਼ਾਂ ਤੁਹਾਡੀਆਂ ਹਨ। 23ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ।


Copyrighted Material
Learn More

will be added

X\