ਕੁਲੁੱਸੀਆਂ ਨੂੰ 2

1ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ। 2ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇੱਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ। 3ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ। 4ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸੱਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ। 5ਹਾਲਾਂ ਕਿ ਮੈਂ ਤੁਹਾਡੇ ਨਾਲ, ਸਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕੜੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ। 6ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ। 7ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ। 8ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ। 9ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ। 10ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ। 11ਮਸੀਹ ਦੇ ਨਮਿੱਤ ਤੁਸੀਂ ਵੱਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ। 12ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਮਸੀਹ ਦੇ ਨਾਲ ਜਿਵਾਲੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਸੀ। 13ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ। 14ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂ ਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸ ਨੂੰ ਲੈ ਲਿਆ ਅਤੇ ਇਸ ਨੂੰ ਸਲੀਬ ਉੱਤੇ ਟੰਗ ਦਿੱਤਾ। 15ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ। 16ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮੱਸਿਯਾ ਜਾਂ ਸਬਤ। 17ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹੜੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲੱਭਦੀਆਂ ਹਨ। 18ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ। 19ਉਹ ਲੋਕ ਮਸੀਹ ਨਾਲ ਏਕਤਾ ਵਿੱਚ ਨਹੀਂ ਜਿਉਂਦੇ। ਮਸੀਹ ਸਰੀਰ ਦਾ ਮੁਖੀ ਹੈ। ਸਾਰਾ ਸਰੀਰ ਮਸੀਹ ਉੱਤੇ ਨਿਰਭਰ ਕਰਦਾ ਹੈ। ਇਸ ਲਈ ਸਰੀਰ ਦੇ ਸਾਰੇ ਅੰਗ ਇਕੱਠੇ ਜੁੜੇ ਹੋਏ ਹਨ। ਇੱਕ ਦੂਸਰੇ ਦਾ ਧਿਆਨ ਰੱਖੋ ਅਤੇ ਇੱਕ ਦੂਸਰੇ ਦੀ ਮਦਦ ਕਰੋ। ਇਹ ਸਰੀਰ ਨੂੰ ਤਾਕਤ ਪ੍ਰਾਪਤ ਕਰਨ ਵਿੱਚ ਅਤੇ ਉਸੇ ਢੰਗ ਨਾਲ ਵੱਧਣ ਵਿੱਚ ਮਦਦ ਕਰਦਾ ਹੈ, ਜਿਵੇਂ ਪਰਮੇਸ਼ੁਰ ਚਾਹੁੰਦਾ ਹੈ। 20ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ। 21“ਇਸ ਨੂੰ ਨਾ ਫ਼ੜੋ,” “ਇਸਦਾ ਸੁਆਦ ਨਾ ਵੇਖੋ,” “ਇਸ ਨੂੰ ਨਾ ਛੂਹੋ?” 22ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹੜੇ ਲੋਕਾਂ ਤੋਂ ਆਉਂਦੇ ਹਨ। 23ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ।


Copyrighted Material
Learn More

will be added

X\